1
ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ ।
2
ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ ।
3
ਉਹ ਦੱਖਣ ਤੋਂ ਸਫ਼ਰ ਕਰਦਾ ਬੈਤ-ਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤ-ਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ ।
4
ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ ।
5
ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲਦ ਅਤੇ ਤੰਬੂ ਸਨ ।
6
ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ ।
7
ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ । ਉਸ ਸਮੇਂ ਕਨਾਨੀ ਅਤੇ ਪਰਿੱਜੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ ।
8
ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ । ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ ?
9
ਇਸ ਲਈ ਮੈਥੋਂ ਵੱਖਰਾ ਹੋ ਜਾ । ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ ।
10
ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ । ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ਼ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ ।
11
ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ ।
12
ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ ।
13
ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ ।