1
ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ ।
2
ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ ।
3
ਕੁੱਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁੱਝ ਲੈ ਆਇਆ ।
4
ਹਾਬਲ ਵੀ ਇੱਜੜ ਦੇ ਪਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁੱਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ ।
5
ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ ।
6
ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ ?
7
ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ ।
8
ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ ।
9
ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ । ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ ?
10
ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ ।
11
ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ ।
12
ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ । ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ ।
13
ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ ।
14
ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ ।
15
ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ ।